ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਰਾਜ ਦੇ ਸਾਰੇ ਖਰੀਦ ਕੇਂਦਰਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਜਿਸ ਲਈ ਉਹ ਖ਼ੁਦ ਰਾਜ ਦੀਆਂ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਇਸ ਗੱਲ ਨੂੰ ਯਕੀਨੀ ਬਣਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੱਜ ਸਰਹਿੰਦ ਅਨਾਜ ਮੰਡੀ ਦੇ ਕੀਤੇ ਅਚਨਚੇਤ ਦੌਰੇ ਮੌਕੇ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਪੱਤਰਕਾਰਾਂ ਵੱਲੋਂ ਕਣਕ ਦਾ ਝਾੜ ਘਟਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦਾ ਝਾੜ ਕੁਝ ਘੱਟ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ 5 ਮਾਰਕੀਟ ਕਮੇਟੀਆਂ ’ਚ 33 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਜਿੱਥੇ ਖਰੀਦ ਏਜੰਸੀਆਂ ਨੂੰ ਲੋੜੀਂਦਾ ਬਾਰਦਾਨਾ ਮੁਹੱਈਆ ਕਰਵਾਇਆ ਜਾ ਚੁੱਕਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਤੇ ਖਰੀਦ ਏਜੰਸੀਆਂ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਸੁਖਵੀਰ ਸਿੰਘ ਸੋਢੀ, ਨਗਰ ਕੌਂਸਲ ਸਰਹਿੰਦ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭੱਟੀ, ਉਪ ਜ਼ਿਲ੍ਹਾ ਮੰਡੀ ਅਫਸਰ ਭੁਪਿੰਦਰਪਾਲ ਸਿੰਘ, ਰਸ਼ਪਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
See News Nazar Sab Pe